Bolda Punjab
ਬਠਿੰਡਾ, 6 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸੇ ਲੜੀ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਵਿਰਾਸਤ ਨਾਲ ਜੋੜਨ ਦੇ ਮੱਦੇਨਜ਼ਰ ਸਥਾਨਕ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ 11 ਨਵੰਬਰ 2022 ਦੀ ਸ਼ਾਮ 6 ਵਜੇ ਜਸ਼ਨ-ਏ-ਵਿਰਾਸਤ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਸ਼ਿਰਕਤ ਕਰਨਗੇ ਤੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰਨਗੇ। ਇਹ ਜਾਣਕਾਰੀ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੇ ਮੁੱਖੀ ਤੇ ਉੱਘੇ ਸਮਾਜ ਸੇਵੀ ਅਮਰਜੀਤ ਮਹਿਤਾ ਨੇ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਨੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ, ਸਮਾਗਮ ਮੌਕੇ ਇਕੱਤਰ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਸਥਾਨਕ ਬਹੁ ਮੰਤਵੀਂ ਖੇਡ ਸਟੇਡੀਅਮ ਦਾ ਜਾਇਜ਼ਾ ਲਿਆ।
ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਆਦਿ ਹਾਜ਼ਰ ਸਨ।