ਬੋਲਦਾ ਪੰਜਾਬ ਬਿਊਰੋ
ਜਲੰਧਰ, 20 ਨਵੰਬਰ :
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਕਾਊਂਟੈਂਟ ਜਨਰਲ ਦਫ਼ਤਰ ਪੰਜਾਬ ਤੇ ਚੰਡੀਗੜ੍ਹ ਵੱਲੋਂ 22 ਨਵੰਬਰ ਨੂੰ ਆਡਿਟ ਦਿਵਸ ਦੇ ਮੌਕੇ ’ਤੇ ਲਗਾਈ ਜਾਣ ਵਾਲੀ ਪੈਨਸ਼ਨ ਅਦਾਲਤ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੈਨਸ਼ਨ ਅਦਾਲਤ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਗਾਈ ਜਾ ਰਹੀ ਹੈ, ਜਿਸ ਵਿੱਚ ਜ਼ਿਲ੍ਹੇ ਦੇ ਪੈਨਸ਼ਨਰ ਆਪਣੇ ਜਾਂ ਫੈਮਲੀ ਪੈਨਸ਼ਨ ਦੇ ਮਾਮਲੇ ਸੁਣਵਾਈ ਲਈ ਲਿਆ ਸਕਦੇ ਹਨ।
ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੈਨਸ਼ਨਧਾਰਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਬੇੜੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ’ਤੇ ਮੌਜੂਦ ਹੋਣਗੇ।
ਉਨ੍ਹਾਂ ਪੈਨਸ਼ਨਧਾਰਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ 22 ਨਵੰਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੀ ਪੈਨਸ਼ਨ ਅਦਾਲਤ ਵਿੱਚ ਪਹੁੰਚ ਕਰਨ ਦਾ ਸੱਦਾ ਦਿੱਤਾ ਤਾਂ ਜੋ ਮੌਕੇ ’ਤੇ ਹੀ ਮੌਜੂਦ ਅਕਾਊਂਟੈਂਟ ਜਨਰਲ (ਏ ਐਂਡ ਈ) ਪੰਜਾਬ ਦੇ ਅਧਿਕਾਰੀ ਸਬੰਧਤ ਜ਼ਿਲ੍ਹਾ ਵਿਭਾਗ ਨਾਲ ਤਾਲਮੇਲ ਕਰਕੇ ਸਮੱਸਿਆ ਦਾ ਨਿਪਟਾਰਾ ਕਰ ਸਕਣ।